ਕਸੂਤੇ ਫਸੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਭਰਨਾ ਪਵੇਗਾ 10 ਕਰੋੜ ਦਾ ਜ਼ੁਰਮਾਨਾ!
ਅੰਮ੍ਰਿਤਪਾਲ ਸਿੰਘ ਦੇ ਵਕੀਲ ਵਲੋਂ ਰਾਜਾ ਵੜਿੰਗ ਨੂੰ ਲੀਗਲ ਨੋਟਿਸ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।
ਚੰਡੀਗੜ੍ਹ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ (Amritpal Singh) ਖ਼ਿਲਾਫ਼ ਬਿਆਨ ਦੇ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਸੂਤੇ ਫ਼ਸਦੇ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਰਾਜਾ ਵੜਿੰਗ ਨੂੰ ਲੀਗਲ ਨੋਟਿਸ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਦਰਅਸਲ ਰਾਜਾ ਵੜਿੰਗ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਸੀ।
ਰਾਜਾ ਵੜਿੰਗ ਨੇ ਪੱਤਰ ’ਚ ਕਿਹਾ ਸੀ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਅਸਲ ਮਕਸਦ ਕੀ ਹੈ। ਕਾਂਗਰਸ ਪ੍ਰਧਾਨ ਵੜਿੰਗ ਦਾ ਦੋਸ਼ ਹੈ ਕਿ ਅੰਮ੍ਰਿਤਪਾਲ ਸਿੰਘ 'ਵਾਰਿਸ ਪੰਜਾਬ ਦੇ' (Waris Punjab De) ਜਥੇਬੰਦੀ ਦੀ ਆੜ ’ਚ ਪਾਕਿਸਤਾਨ ਦੀ ਸ਼ਹਿ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜੋ ਦੁਬਈ ’ਚ ਸੈੱਟ ਹੋਣ ਦੇ ਬਾਵਜੂਦ ਪੰਜਾਬ ਆਇਆ ਹੈ।
ਹੁਣ ਅੰਮ੍ਰਿਤਪਾਲ ਸਿੰਘ ਦੇ ਵਕੀਲ ਵਲੋਂ ਰਾਜਾ ਵੜਿੰਗ (Amarinder Singh Raja Warring) ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ’ਚ ਜਵਾਬ ਦੇਣ ਲਈ ਕਿਹਾ ਹੈ। ਜੇਕਰ ਰਾਜਾ ਵੜਿੰਗ ਜਵਾਬ ਦੇਣ ’ਚ ਅਸਮਰੱਥ ਰਹਿੰਦੇ ਹਨ ਤਾਂ ਉਨ੍ਹਾਂ ’ਤੇ ਕਾਨੂੰਨੀ ਪ੍ਰਕਿਰਿਆ ਅਮਲ ’ਚ ਲਿਆਉਂਦਿਆਂ ਕਾਰਵਾਈ ਕੀਤੀ ਜਾਵੇਗੀ।