ਚੰਡੀਗੜ੍ਹ: ਪੰਜਾਬ 'ਚ ਬੁੱਧਵਾਰ ਤੋਂ ਅਗਲੇ ਕੁਝ ਦਿਨਾਂ ਤੱਕ ਕਹਿਰ ਦੀ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦਾ ਮੌਸਮ ਬਦਲ ਰਿਹਾ ਹੈ। ਬੁੱਧਵਾਰ ਨੂੰ ਸੂਬੇ 'ਚ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 16 ਅਤੇ 17 ਜੂਨ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਜਲੰਧਰ, ਲੁਧਿਆਣਾ ਅਤੇ ਨਵਾਂਸ਼ਹਿਰ 'ਚ ਤੇਜ਼ ਹਨੇਰੀ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਬਠਿੰਡਾ, ਮੁਕਤਸਰ, ਫ਼ਰੀਦਕੋਟ, ਬਰਨਾਲਾ, ਮਾਨਸਾ ਅਤੇ ਮੁਕਤਸਰ 'ਚ ਹਲਕੀ ਜਾਂ ਸਾਧਾਰਨ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 19 ਜੂਨ ਤੱਕ ਮੌਸਮ ਦਾ ਪੈਟਰਨ ਅਜਿਹਾ ਹੀ ਰਹੇਗਾ ਅਤੇ 20 ਜੂਨ ਤੋਂ ਮੌਸਮ ਸਾਫ਼ ਹੋ ਜਾਵੇਗਾ। ਤੂਫਾਨ ਅਤੇ ਮੀਂਹ ਕਾਰਨ ਤਾਪਮਾਨ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।


ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਪੰਜਾਬ 'ਚ ਕੜਾਕੇ ਦੀ ਗਰਮੀ ਦਾ ਦੌਰ ਜਾਰੀ ਰਿਹਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਪਟਿਆਲਾ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੇ ਤੋਂ ਮਾੜੀ’ ਸ਼੍ਰੇਣੀ ਵਿੱਚ ਹੈ। 


ਅੰਮ੍ਰਿਤਸਰ 


ਅੰਮ੍ਰਿਤਸਰ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਮਾੜੀ' ਸ਼੍ਰੇਣੀ ਵਿੱਚ 275 ਦਰਜ ਕੀਤਾ ਗਿਆ ਸੀ।


ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 172 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। 'ਮਾੜੀ' ਸ਼੍ਰੇਣੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 235 ਹੈ।
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸ਼ਾਮ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਦਿਖਾਈ ਦੇ ਸਕਦੀ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 187 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।