Hola Mohalla History: ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤਿਉਹਾਰ ਸਿੱਖਾਂ ਦੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਲੇ-ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ।
Trending Photos
Hola Mohalla History: ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤਿਉਹਾਰ ਸਿੱਖਾਂ ਦੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਲੇ-ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਫੁੱਲਾਂ ਅਤੇ ਲਾਈਟਿੰਗ ਨਾਲ ਸਜਾਵਟ ਕੀਤੀ ਜਾਂਦੀ ਹੈ। ਇਸ ਮਗਰੋਂ ਹੋਲੇ-ਮਹੱਲੇ ਵਾਲੇ ਦਿਨ ਗੱਤਕਾ ਪਾਰਟੀਆਂ ਅਤੇ ਘੋੜ ਸਵਾਰਾਂ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ। ਇਹ ਮੁਕਾਬਲੇ ਕਾਫੀ ਖਿੱਚ ਦਾ ਕੇਂਦਰ ਹੁੰਦੇ ਹਨ।
ਹੋਲੇ-ਮਹੱਲੇ ਦਾ ਇਤਿਹਾਸ ਕਾਫੀ ਪੁਰਾਣਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਇਸ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਸਿੱਖ ਭਾਈਚਾਰੇ ਦੀ ਅਮੀਰ ਵਿਰਾਸਤ ਬਣੀ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਖਾਲਸਾ ਜਾਹੋ-ਜਲਾਲ ਦੇ ਪ੍ਰਤੀਕ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
ਕਿਵੇਂ ਸ਼ੁਰੂ ਹੋਈ ਪਰੰਪਰਾ
ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਜਾਬਰ ਤੇ ਜ਼ਾਲਮ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਤੇ ਕੌਮ 'ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: 'ਚ ਹੋਲੇ ਮਹੱਲੇ ਦੀ ਪਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖ਼ਾਲਸਾਈ ਫ਼ੌਜਾਂ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਜਾਂਦੀ ਸੀ। ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ਉਤੇ ਹੋਲਾ-ਮਹੱਲਾ ਮਨਾਇਆ ਜਾਂਦਾ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਇਤਿਹਾਸਕ ਨਗਰੀ ਵਿੱਚ ਦਰਸ਼ਨ ਕਰਨ ਲਈ ਪੁੱਜਦੀ ਹੈ।
ਨਗਰ ਕੀਰਤਨ ਸਜਾਇਆ ਜਾਂਦਾ
ਇਸ ਦਿਨ ਨਗਾਰਿਆਂ ਦੀ ਗੂੰਜ ਵਿਚ, ਸਜ-ਧਜ ਕੇ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਇੱਕ ਵੱਡਾ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਨੂੰ 'ਮਹੱਲਾ' ਕਿਹਾ ਜਾਂਦਾ ਹੈ। ਇਸ ਮਹੱਲੇ ਵਿਚ ਨਿਹੰਗ ਸਿੰਘ ਅਤੇ ਹੋਰ ਸਿੱਖ ਸੰਗਤ ਵੱਡੀ ਪੱਧਰ 'ਤੇ ਸ਼ਾਮਲ ਹੁੰਦੀ ਹੈ, ਜਿੱਥੇ ਸ਼ਸਤਰਾਂ ਦੇ ਕਰਤੱਬ ਦਿਖਾਏ ਜਾਂਦੇ ਹਨ।
ਹੋਲੇ-ਮਹੱਲੇ ਦਾ ਅਰਥ
ਹੋਲੇ ਮਹੱਲੇ ਦੇ ਸ਼ਬਦੀ ਅਰਥਾਂ ਨੂੰ ਲੈ ਕੇ ਵਿਦਵਾਨਾਂ ਦਾ ਕਹਿਣਾ ਹੈ ਕਿ 'ਹੋਲਾ' ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ, ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ 'ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ 'ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ, ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਮਹਾਰਾਸ਼ਟਰ ਵਿਚ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਵੀ ਹੋਲੇ ਮਹੱਲੇ ਵਾਲੇ ਦਿਨ ਵੱਡਾ ਜਲੂਸ ਕੱਢਿਆ ਜਾਂਦਾ ਹੈ, ਜਿਸ ਦੇ ਅੱਗੇ ਇੱਕ ਸ਼ਿੰਗਾਰਿਆ ਹੋਇਆ ਨੀਲਾ ਘੋੜਾ ਚੱਲਦਾ ਹੈ ਅਤੇ ਪਿੱਛੇ-ਪਿੱਛੇ ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ।
ਇਹ ਵੀ ਪੜ੍ਹੋ : Hola Mohalla News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਤੇ ਰੋਸ਼ਨੀ ਨਾਲ ਸਜਾਉਣ ਦੀ ਸੇਵਾ ਸ਼ੁਰੂ