ਪੰਜਾਬ, ਖੇਡਾਂ ’ਚ ਮੁੜ ਮੋਹਰੀ ਸੂਬਾ ਬਣੇਗਾ: ਮੀਤ ਹੇਅਰ
ਸੂਬੇ ’ਚ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।
Punjab again No. 1 in Sports: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ 35ਵੇਂ ਜਰਖੜ ਖੇਡ ਮੇਲੇ ਦੇ ਆਖ਼ਰੀ ਦਿਨ ਜੇਤੂ ਖਿਡਾਰੀਆਂ ਦੇ ਇਨਾਮ-ਵੰਡ ਸਮਾਰੋਹ ’ਚ ਪਹੁੰਚੇ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਚੰਗੇ ਨਤੀਜੇ ਆਉਂਦੇ ਰਹਿਣਗੇ।
ਮੀਤ ਹੇਅਰ ਨੇ ਪਿੰਡ ਜਰਖੜ ਖੇਡ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ਵਿੱਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ।
ਇਸ ਮੌਕੇ ਉਨ੍ਹਾਂ ਜਰਖੜ ਖੇਡ ਮੇਲੇ ਦੇ ਪ੍ਰਬੰਧਕਾਂ ਨੂੰ ਹਰ ਤਰਾਂ ਦੀ ਸੰਭਵ ਮਦਦ ਕੀਤੇ ਜਾਣ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਯੋਜਨਾਵਾਂ ’ਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੇ ਤੋਂ ਹੋਰ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ’ਚ ਮਦਦ ਮਿਲ ਸਕੇ।
ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਜਿਸਦੇ ਚੱਲਦਿਆਂ ਹਾਲ ਹੀ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀ ਸੂਬੇ ’ਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ ਹੈ।
ਮੀਤ ਹੇਅਰ ਨੇ ਦੱਸਿਆ ਕਿ ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਨਾਇਬ ਤਹਿਸੀਲਦਾਰ ਭਰਤੀ ਹੋਣ ਵਾਲਿਆਂ ਦੇ ਹੱਥ ਖਾਲੀ, ਪਰ ਸਰਕਾਰ ਨੇ ਕਮਾਏ 23.40 ਕਰੋੜ!