Amritsar News: ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿੱਚ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਸਖ਼ਤ ਇਤਰਾਜ਼
Amritsar News: ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ।
Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ। ਦੁੱਖ ਦੀ ਗੱਲ ਹੈ ਕਿ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦੋਵਾਂ ਦੇਸਾਂ ਦੀਆਂ ਸਰਕਾਰਾਂ ਕੋਲ ਪੁਖ਼ਤਗੀ ਨਾਲ ਉਠਾਇਆ ਜਾਵੇਗਾ।