ਨਨਕਾਣਾ ਸਾਹਿਬ ਜਾ ਰਹੇ ਜਥੇ 'ਤੇ ਭਾਰਤ ਸਰਕਾਰ ਨੇ ਇਸ ਵਜ੍ਹਾਂ ਨਾਲ ਲਗਾਈ ਰੋਕ,SGPC ਨੇ ਲਗਾਇਆ ਇਹ ਇਲਜ਼ਾਮ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

ਨਨਕਾਣਾ ਸਾਹਿਬ ਜਾ ਰਹੇ ਜਥੇ 'ਤੇ ਭਾਰਤ ਸਰਕਾਰ ਨੇ ਇਸ ਵਜ੍ਹਾਂ ਨਾਲ ਲਗਾਈ ਰੋਕ,SGPC ਨੇ ਲਗਾਇਆ ਇਹ ਇਲਜ਼ਾਮ
ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

ਦਿੱਲੀ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕਾ ਮਨਾਉਣ  ਜਾ ਰਹੇ 600 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਤਾਨ ਜਾਣ ਤੋਂ ਰੋਕ ਲੱਗਾ ਦਿੱਤੀ ਹੈ, ਗ੍ਰਹਿ ਮੰਤਰਾਲੇ ਨੇ ਇਸ ਦੇ ਪਿੱਛੇ ਸੁਰੱਖਿਆ ਅਤੇ ਕੋਵਿਡ ਨੂੰ ਵੱਡੀ ਵਜ੍ਹਾਂ ਦੱਸਿਆ ਹੈ,ਗ੍ਰਹਿ ਮੰਤਰਾਲੇ ਨੇ ਕਿਹਾ ਹੈ ਪਾਕਿਸਤਾਨ ਵਿੱਚ ਸਿੱਖ ਸ਼ਰਧਾਲੂਆਂ ਦੀ ਜਾਨ ਨੂੰ ਖ਼ਤਰਾ ਹੈ ਇਸ ਲਈ ਉਹ ਜਾਣ ਦੀ ਇਜਾਜ਼ਤ ਨਹੀਂ ਦੇ ਸਕਦੇ ਨੇ,ਭਾਰਤ ਸਰਕਾਰ ਦਾ ਕਹਿਣਾ ਹੈ ਕਿ ਪਾਕਿਸਤਾਨ ਵਿੱਚ ਕੋਵਿਡ ਨੂੰ ਲੈਕੇ ਸਹੀ ਇੰਤਜ਼ਾਮ ਨਹੀਂ ਨੇ ਇਸ ਲਈ ਸ਼ਰਧਾਲੂਆਂ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ, ਉਧਰ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਦੇ ਇਸ ਫ਼ੈਸਲੇ 'ਤੇ ਸਵਾਲ ਚੁੱਕੇ ਨੇ 

SGPC ਦਾ ਕੇਂਦਰ ਸਰਕਾਰ ਨੂੰ ਸਵਾਲ

 ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਹੈ, ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।

 ਉਨ੍ਹਾਂ ਕਿਹਾ ਕਿ  ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਖੇ ਸ਼ਰਧਾਲੂਆਂ ਦੀ ਸਕਿਉਟਰੀ ਅਤੇ ਸੁਰੱਖਿਆ ਦਾ ਮਸਲਾ ਹੈ ਅਤੇ ਮਾਰਚ 2020 ਤੋਂ ਕੋਵਿਡ-19 ਦੇ ਚੱਲਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਮੁਅੱਤਲ ਚੱਲ ਰਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ, ਕਿਉਂਕਿ ਲੰਘੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ।ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ।

 ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਆਰੀਆਂ ਮੁਕੰਮਲ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡ ਦਿੱਤੇ ਗਏ ਹਨ ਤਾਂ ਜਥੇ ’ਤੇ ਰੋਕ ਲਗਾਉਣੀ ਹੈਰਾਨੀਜਨਕ ਹੈ। 

ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕਰ ਲਏ ਗਏ ਸਨ। ਕੌਮਾਂਤਰੀ ਸਰਹੱਦ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਬੱਸਾਂ ਦਾ ਵੀ ਪ੍ਰਬੰਧ ਕੀਤਾ ਸੀ। ਇਸ ਤੋਂ ਇਲਾਵਾ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਲੰਗਰ ਅਤੇ ਹੋਰ ਪ੍ਰਬੰਧ ਵੀ ਕੀਤੇ ਗਏ ਸਨ। 

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਅੰਦਰ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕੇ ਦੀ ਇਤਿਹਾਸਕ ਸ਼ਤਾਬਦੀ ਮੌਕੇ ਸ਼ਰਧਾਲੂਆਂ ਨੂੰ ਰੋਕਣਾ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨਾਲ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ