Guru Nanak Dev ji Prakash Parv: ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰੀ ਦੁਨੀਆ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
Trending Photos
Guru Nanak Dev ji Prakash Parv: ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰੀ ਦੁਨੀਆ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਚੱਲਦੇ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਜਿੱਥੇ ਸੰਗਤ ਨੇ ਭਾਰੀ ਗਿਣਤੀ ਵਿੱਚ ਪੁੱਜੀ, ਜਿਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈ। ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਦੂਜੇ ਪਾਸੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ।
ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਉਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਉਤੇ ਚੱਲਣ ਦੀ ਪ੍ਰੇਰਨਾ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ ਜਿਸ ਵਿਚ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ।
ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ