Amritsar News: ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ’ਤੇ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਕਾਰਵਾਈ- SGPC ਪ੍ਰਧਾਨ
Amritsar News: ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰਐੱਸਐੱਸ ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ- ਧਾਮੀ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ।
ਉਨ੍ਹਾਂ ਆਖਿਆ ਕਿ ਇਕਬਾਲ ਸਿੰਘ ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰਐੱਸਐੱਸ ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਲਾਲਪੁਰਾ ਦੀ ਅਜਿਹੀ ਬਿਆਨਬਾਜੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਅਤੇ ਸਿੱਖੀ ਅੰਦਰ ਅਵਤਾਰਵਾਦ ਨੂੰ ਕੋਈ ਥਾਂ ਨਹੀਂ ਹੈ। ਦੇਵੀ ਦੇਵਤਿਆਂ ਨਾਲ ਸਿੱਖ ਗੁਰੂ ਸਾਹਿਬਾਨ ਨੂੰ ਜੋੜਨਾ ਇਕਬਾਲ ਸਿੰਘ ਲਾਲਪੁਰਾ ਵੱਲੋਂ ਆਰਐੱਸਐੱਸ ਦੇ ਏਜੰਡਾ ਨੂੰ ਅੱਗੇ ਵਧਾਉਣ ਦਾ ਹੀ ਇੱਕ ਹਿੱਸਾ ਹੈ।
ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਸਤੰਬਰ 2024
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਚਿੰਤਨ ਦਾ ਮਾਮਲਾ ਹੈ, ਜਿਸ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ ਅਤੇ ਸਿੱਖ ਇੱਕ ਵੱਖਰੀ ਕੌਮ ਹੋਣ ਦੇ ਮਾਣ ਨੂੰ ਸੱਟ ਨਾ ਵੱਜੇ।
ਇਹ ਵੀ ਪੜ੍ਹੋ: ਨਵੇਂ ਡਿਜ਼ਾਈਨ ਅਤੇ ਨਵੇਂ ਬਟਨ ਨਾਲ ਲਾਂਚ ਹੋਇਆ iPhone 16, ਜਾਣੋਂ ਕੀਮਤ ਤੇ ਹੋਰ ਬਹੁਤ ਕੁੱਝ