Arvind Kejriwal Bail: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਪੰਜਾਬ `ਆਪ` ਵਿੱਚ ਖੁਸ਼ੀ ਦਾ ਮਾਹੌਲ
Arvind Kejriwal Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ, ਜਦੋਂ ਕਿ ਇਹ ਮਾਮਲਾ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰੈਗੂਲਰ ਜ਼ਮਾਨਤ ਨਾਲ ਸਬੰਧਤ ਸੀ।
Arvind Kejriwal Bail: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇਹ ਜ਼ਮਾਨਤ ਸੀਬੀਆਈ ਵੱਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਦਰਜ ਕੇਸ ਵਿੱਚ ਮਿਲੀ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਨੂੰ ਵੱਡੀ ਜਿੱਤ ਦੱਸਿਆ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਵੀ ਕੀਤਾ ਹੈ ਅਤੇ ਮੋਦੀ ਸਰਕਾਰ ਨੂੰ ਵੀ ਜੰਮਕੇ ਘੇਰਿਆ ਹੈ।
ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ। ਸੰਧਵਾਂ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਡੇ ਸਟੈਂਡ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਸਿਆਸੀ ਤੌਰ `ਤੇ ਪ੍ਰੇਰਿਤ ਅਤੇ ਝੂਠ `ਤੇ ਬਣਾਇਆ ਗਿਆ ਸੀ।’’
ਸਪੀਕਰ ਨੇ ਇਸ ਜਿੱਤ ਤੇ ਕੇਜਰੀਵਾਲ ਅਤੇ ‘ਆਪ ਨੂੰ ਵਧਾਈ ਦਿੰਦੇ ਹੋਏ ਕਿਹਾ, ‘‘ਸੱਚ ਦੀ ਜਿੱਤ ਹੋਈ ਹੈ ਅਤੇ ਨਿਆਂ ਦਿੱਤਾ ਗਿਆ ਹੈ। ਇਹ ਫੈਸਲਾ ਸਾਡੇ ਦੇਸ਼ ਵਿੱਚ ਲੋਕਤੰਤਰੀ ਸੰਸਥਾਵਾਂ ਦੀ ਲਚਕੀਲੇਪਣ ਦਾ ਪ੍ਰਮਾਣ ਹੈ।"
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ ਹੈ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ ਅਰਵਿੰਦ ਕੇਜਰੀਵਾਲ ਦੀ ਰਿਹਾਈ ਦਾ ਜਸ਼ਨ ਮਨਾਉਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਸੱਚਾਈ ਅਤੇ ਇਮਾਨਦਾਰੀ ਦੀ ਤਾਕਤ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ।