Excise Policy Case: ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ
Excise Policy Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Excise Policy Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾ ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਜੋ ਕਰ ਰਹੀ ਹੈ ਉਹ ਦੇਸ਼ ਹਿੱਤ ਵਿੱਚ ਨਹੀਂ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਅਦਾਲਤ ਵਿੱਚ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ।
ਅਰਵਿੰਦ ਕੇਜਰੀਵਾਲ ਦੀ ਪੇਸ਼ੀ ਦੌਰਾਨ ਪਤਨੀ ਸੁਨੀਤਾ, 'ਆਪ' ਨੇਤਾ ਸੌਰਭ ਭਾਰਦਵਾਜ, ਆਤਿਸ਼ੀ, ਗੋਪਾਲ ਰਾਏ ਸਮੇਤ ਕਈ ਨੇਤਾ ਮੌਜੂਦ ਸਨ।
ਕੇਜਰੀਵਾਲ ਨੇ ਅਦਾਲਤ 'ਚ ਪਹਿਲੀ ਵਾਰ ਆਤਿਸ਼ੀ ਤੇ ਸੌਰਭ ਦਾ ਨਾਂ ਲਿਆ
ਈਡੀ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ ਅਤੇ ਜਾਂਚ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਜੇ ਨਾਇਰ ਨੇ ਕਦੇ ਮੇਰੀ ਰਿਪੋਰਟ ਨਹੀਂ ਕੀਤੀ ਪਰ ਉਹ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦਾ ਸੀ। ਕੇਜਰੀਵਾਲ ਨੇ ਸਾਫ ਕਿਹਾ ਕਿ ਵਿਜੇ ਨਾਇਰ ਆਤਿਸ਼ੀ ਅਤੇ ਸੌਰਭ ਨੂੰ ਰਿਪੋਰਟ ਕਰਦੇ ਸੀ ਨਾ ਕਿ ਮੈਨੂੰ। ਕੇਜਰੀਵਾਲ ਨੇ ਆਪਣੇ ਮੰਤਰੀਆਂ ਦੇ ਨਾਂ ਲਏ ਹਨ।
ਕੇਜਰੀਵਾਲ ਨੇ ਜੇਲ੍ਹ ਵਿੱਚ ਇਹ ਚੀਜ਼ਾਂ ਮੰਗੀਆਂ
ਕੇਜਰੀਵਾਲ ਦੇ ਵਕੀਲ ਨੇ ਜੇਲ੍ਹ ਵਿੱਚ ਕੁਝ ਦਵਾਈਆਂ ਉਪਲਬਧ ਕਰਵਾਉਣ ਲਈ ਕਿਹਾ ਹੈ। ਨਾਲ ਹੀ ਤਿੰਨ ਕਿਤਾਬਾਂ ਦੀ ਮੰਗ ਕੀਤੀ ਗਈ ਹੈ, ਰਾਮਾਇਣ, ਪੱਤਰਕਾਰ ਨੀਰਜ ਚੌਧਰੀ ਦੀ ਹਾਉ ਪ੍ਰਾਈਮ ਮਿਨਿਸਟਰ ਡਿਸਾਈਡਜ਼, ਮਹਾਭਾਰਤ। ਕੇਜਰੀਵਾਲ ਦੇ ਵਕੀਲ ਨੇ ਸਪੈਸ਼ਲ ਡਾਈਟ ਦੀ ਮੰਗ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਲਾਕੇਟ ਅਤੇ ਮੇਜ਼ ਕੁਰਸੀ ਵੀ ਮੰਗੀ ਹੈ।
ਸੁਨੀਤਾ ਕੇਜਰੀਵਾਲ ਨੇ ਕਚਹਿਰੀ ਕੰਪਲੈਕਸ 'ਚ ਗੱਲਬਾਤ ਕੀਤੀ
ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜੇ ਜਾਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਨੇ ਪੁੱਛਿਆ ਕਿ ਉਨ੍ਹਾਂ ਨੂੰ ਜੇਲ੍ਹ ਕਿਉਂ ਭੇਜਿਆ ਗਿਆ। ਦੇਸ਼ ਦੇ ਲੋਕ ਇਸ ਤਾਨਾਸ਼ਾਹੀ ਖਿਲਾਫ ਜਵਾਬ ਦੇਣਗੇ।
ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੁੱਛਗਿੱਛ ਦੌਰਾਨ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਦਾ ਵਿਹਾਰ ਅਸਹਿਯੋਗੀ ਰਿਹਾ ਹੈ ਅਤੇ ਉਹ ਟਾਲ-ਮਟੋਲ ਦੇ ਜਵਾਬ ਦੇ ਰਹੇ ਹਨ। ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਸਾਨੂੰ ਭਵਿੱਖ ਵਿੱਚ ਹਿਰਾਸਤ ਦੀ ਲੋੜ ਪੈ ਸਕਦੀ ਹੈ। ਕੇਜਰੀਵਾਲ ਨੇ ਡਿਜੀਟਲ ਡਿਵਾਈਸਾਂ ਦੇ ਪਾਸਵਰਡ ਨਹੀਂ ਦਿੱਤੇ ਹਨ। ਇਸ ਤੋਂ ਬਾਅਦ ਜੱਜ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।
ਅਰਵਿੰਦ ਕੇਜਰੀਵਾਲ ਨੇ ਬਿਮਾਰੀ ਦੇ ਮੱਦੇਨਜ਼ਰ ਜੇਲ੍ਹ ਦੇ ਅੰਦਰ ਵਿਸ਼ੇਸ਼ ਖੁਰਾਕ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਮੰਤਰੀਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਨੂੰ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਦਿੱਤੀ।