Bharat Bhushan Ashu: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 31 ਲੋਕਾਂ ਖਿਲਾਫ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ )ਨੇ ਟੈਂਡਰ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ (ਪੀਐਮਐਲਏ), 2002 ਦੀਆਂ ਧਾਰਾਵਾਂ ਦੇ ਤਹਿਤ ਵਿਸ਼ੇਸ਼ ਅਦਾਲਤ (ਪੀਐਮਐਲਏ) ਵਿੱਚ ਮੁਲਜ਼ਮਾਂ ਵਿਰੁੱਧ ਇੱਕ ਪ੍ਰੌਸੀਕਿਊਸ਼ਨ ਸ਼ਿਕਾਇਤ (ਪੀਸੀ) ਦਾਇਰ ਕੀਤੀ ਹੈ।


COMMERCIAL BREAK
SCROLL TO CONTINUE READING

ਈਡੀ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਵਿੱਚ ‘ਟੈਂਡਰ ਘੁਟਾਲੇ’ ਨਾਲ ਸਬੰਧਤ ਆਈਪੀਸੀ, 1860 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਦਰਜ ਕੀਤੀਆਂ ਵੱਖ-ਵੱਖ ਐਫਆਈਆਰਜ਼ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਤਤਕਾਲੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਂਡਰ ਅਲਾਟਮੈਂਟ ਵਿੱਚ ਚੁਣੇ ਹੋਏ ਠੇਕੇਦਾਰਾਂ ਦਾ ਪੱਖ ਪੂਰਿਆ ਅਤੇ ਉਨ੍ਹਾਂ ਨੂੰ ਵੱਧ ਮੁਨਾਫ਼ੇ ਦਾ ਵਾਅਦਾ ਕੀਤਾ, ਜਿਸ ਲਈ ਉਸ ਨੇ ਰਾਜਦੀਪ ਸਿੰਘ ਨਾਗਰਾ, ਰਾਕੇਸ਼ ਕੁਮਾਰ ਸਿੰਗਲਾ ਅਤੇ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੁਝ ਸਰਕਾਰੀ ਅਧਿਕਾਰੀਆਂ ਅਤੇ ਹੋਰਨਾਂ ਵਿਅਕਤੀਆਂ ਰਾਹੀਂ ਰਿਸ਼ਵਤ ਲਈ। ਰਿਸ਼ਵਤ ਦੇ ਪੈਸੇ ਨੂੰ ਜਾਅਲੀ ਸੰਸਥਾਵਾਂ ਦੇ ਨੈਟਵਰਕ ਰਾਹੀਂ ਚਲ ਅਤੇ ਅਚੱਲ ਜਾਇਦਾਦਾਂ ਖਰੀਦਣ ਲਈ ਭੇਜਿਆ ਗਿਆ ਸੀ।


ਜ਼ਿਕਰਯੋਗ  ਹੈ ਕਿ ਇਸ ਤੋਂ ਪਹਿਲਾਂ ਈਡੀ ਨੇ 24 ਅਗਸਤ 2023 ਅਤੇ 4 ਸਤੰਬਰ 2024 ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ 28 ਥਾਵਾਂ ‘ਤੇ ਦੋ ਤਲਾਸ਼ੀਆਂ ਕੀਤੀਆਂ ਸਨ। ਇਸ ਤੋਂ ਇਲਾਵਾ, ਜਾਂਚ ਦੌਰਾਨ ਭਾਰਤ ਭੂਸ਼ਣ ਸ਼ਰਮਾ ਉਰਫ਼ ਆਸ਼ੂ ਅਤੇ ਉਸ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ ਨਾਗਰਾ ਨੂੰ ਕ੍ਰਮਵਾਰ 1 ਅਗਸਤ ਅਤੇ 4 ਸਤੰਬਰ 2024 ਨੂੰ ਪੀਐਮਐਲਏ, 2002 ਦੇ ਤਹਿਤ ਮਨੀ ਲਾਂਡਰਿੰਗ ਦੇ ਜੁਰਮ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਦੋਵੇਂ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।