Bhupendra Singh Hooda: ਭੁਪੇਂਦਰ ਸਿੰਘ ਹੁੱਡਾ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ
Bhupendra Singh Hooda: ਭੁਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਉਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ।
Bhupendra Singh Hooda: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਹਰਿਆਣਾ 'ਚ ਆਗਾਮੀ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੰਬਾਲਾ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਹੁੱਡਾ ਨੇ ਕਿਸਾਨ ਮਸਲਿਆਂ ਨੂੰ ਚੁੱਕਦਿਆਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਦੇ ਵਿਚ ਕਿਸੇ ਨੂੰ ਸ਼ਾਂਤਮਈ ਤਰੀਕੇ ਦੇ ਨਾਲ ਰੋਸ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਲਈ ਅਵਾਜ਼ ਚੁੱਕਣ ਦਾ ਹੱਕ ਹੈ ਪ੍ਰੰਤੂ ਭਾਜਪਾ ਸਰਕਾਰ ਨੇ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ ਨੂੰ ਸੀਲ ਕਰਕੇ ਰੱਖਿਆ ਹੋਇਆ ਹੈ, ਜਿਸਦੇ ਨਾਲ ਨਾ ਸਿਰਫ਼ ਕਿਸਾਨਾਂ ਬਲਕਿ ਵਪਾਰੀਆਂ ਨੂੰ ਵੀ ਵੱਡੀਆਂ ਸਮੱਸਿਆ ਆ ਰਹੀਆਂ ਹਨ। ਭੁਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਸ਼ੰਭੂ ਬਾਰਡਰ ਨੂੰ ਖੋਲਿਆ ਜਾਵੇਗਾ। ਇਸਦੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਵੀ ਕਿਸਾਨਾਂ ਦੇ ਹਿੱਤ ਵਿਚ ਫੈਸਲੇ ਲੈ ਚੁੱਕੀ ਹੈ ਤੇ ਹੁਣ ਵੀ ਹਰਿਆਣਾ ਵਿਚ ਪਾਰਟੀ ਦੀ ਸਰਕਾਰ ਬਣਨ 'ਤੇ ਐਮ.ਐਸ.ਪੀ 'ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇਗੀ।
ਭੁਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਉਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਹ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ।
ਹੁਣ ਵੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਉਤੇ ਰੋਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਅੰਬਾਲਾ ਸ਼ਹਿਰ ਦੀ ਪੁਲਿਸ ਲਾਈਨ ਗਰਾਊਂਡ ਵਿਚ ਪਾਰਟੀ ਉਮੀਦਵਾਰ ਨਿਰਮਲ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਹੂਲਤਾਂ ਦੇਣ ਦਾ ਵੀ ਵਾਅਦਾ ਕੀਤਾ।
ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਜੋ ਸੱਤ ਗਾਰੰਟੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਭਾਜਪਾ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਨਕਲ ਕੀਤੀ ਹੈ।