Jasvir Singh Garhi: ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵੱਲੋਂ ਦਫਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਪਾਰਟੀ ਵਿਚੋਂ ਕੱਢੇ ਜਾਣ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ’ਚੋਂ ਕੱਢੇ ਜਾਣ ਬਾਰੇ ਮੀਡੀਆ ਰਾਹੀਂ ਪਤਾ ਲੱਗਾ ਹੈ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ। ਪਾਰਟੀ ’ਚੋਂ ਕੱਢੇ ਜਾਣ ਦੇ ਕਾਰਨਾਂ ਬਾਰੇ ਪੁੱਛੇ ਜਾਣ ’ਤੇ ਗੜ੍ਹੀ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵੱਲੋਂ 2022 ਦੀਆ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਵੇਲੇ ਕੀਤੇ ਗਏ ਭ੍ਰਿਸ਼ਟਾਚਾਰ ਤੇ ਪਾਰਟੀ ਫੰਡ ’ਚ ਘੁਟਾਲੇ ਦਾ ਮਾਮਲਾ ਲਗਾਤਾਰ ਪਾਰਟੀ ਹਾਈਕਮਾਂਡ ਕੋਲ ਰੱਖ ਰਹੇ ਸਨ।


ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਰਟੀ ਹਾਈਕਮਾਂਡ ਨੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਰਟੀ ’ਚ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਚੁੱਪ ਨਹੀਂ ਬੈਠਣਗੇ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨਾਲ ਮਿਲ ਕੇ ਆਪਣੇ ਪੱਖ ਰੱਖਣਗੇ ਅਤੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆ ਤੋਂ ਜਾਣੂ ਕਰਵਾਉਣਗੇ।