Fazilka News​: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਇੱਥੋਂ ਸੁਰੂਆਤ ਕਰਦਿਆਂ ਅੱਜ ਆਖਿਆ ਹੈ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ ਕਰਦਿਆਂ ਆਖਿਆ ਹੈ ਕਿ ਹਰੇਕ ਕਮੇਟੀ ਤੋਂ ਮੈਂਬਰਾਂ ਦਾ ਰਾਜਭਵਨ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਉਹ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਸਮਰੱਥਾਵਾਂ ਨੂੰ ਉਹ ਹੋਰ ਬਿਹਤਰ ਤਰੀਕੇ ਨਾਲ ਜਾਣ ਸਕਣ।


COMMERCIAL BREAK
SCROLL TO CONTINUE READING

ਭਾਰਤ ਪਾਕਿ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਜੋਧਾ ਭੈਣੀ ਵਿਚ ਜ਼ਿਲ੍ਹੇ ਦੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੀਨੇ ਵਿਚ ਘੱਟੋ ਘੱਟ ਇਕ ਵਾਰ ਬੈਠਕ ਜਰੂਰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਦੀ ਸੁਰੱਖਿਆ ਕਮੇਟੀ ਲਈ ਇਕ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ।


ਰਾਜਪਾਲ ਨੇ ਕਿਹਾ ਕਿ ਗੁਆਂਢੀ ਮੁਲਕ ਨੇ ਹੁਣ ਜਾਣ ਲਿਆ ਹੈ ਕਿ ਉਹ ਭਾਰਤ ਦਾ ਟਾਕਰਾ ਕਰਨ ਦੀ ਸਮੱਰਥਾ ਨਹੀਂ ਰੱਖਦਾ ਇਸ ਲਈ ਉਹ ਕੋਝੀਆਂ ਹਰਕਤਾਂ ਕਰਦਾ ਹੈ ਅਤੇ ਡਰੋਨਾਂ ਨਾਲ ਨਸ਼ੇ ਭੇਜਣ ਦੀ ਕੋਸ਼ਿਸ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਅਜਿਹੇ ਮਾੜੇ ਅਨਸਰਾਂ ਖਿਲਾਫ ਜਿੱਥੇ ਜਾਗਰੂਕਤਾ ਦਾ ਕੰਮ ਕਰਦੀਆਂ ਹਨ ਉਥੇ ਹੀ ਇਹ ਕਮੇਟੀਆਂ ਮਾੜੇ ਅਨਸਰਾਂ ਸਬੰਧੀ ਸੂਚਨਾ ਵੀ ਪੁਲਿਸ ਅਤੇ ਬੀਐਸਐਫ ਨੂੰ ਉਪਲਬੱਧ ਕਰਵਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਸੂਚਨਾਵਾਂ ਦੇਣ ਵਾਲੇ ਲੋਕਾਂ ਨੂੰ ਯੋਗ ਸਨਮਾਨ ਦਿੱਤਾ ਜਾਵੇਗਾ। ਨਸ਼ੇ ਵਰਗੀਆਂ ਸਮਾਜਿਕ ਬੁਰਾਇਆਂ ਖਿਲਾਫ ਉਨ੍ਹਾਂ ਨੇ ਸਾਂਝੇ ਯਤਨ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਜੇਕਰ ਸਾਰਾ ਸਮਾਜ ਇੱਕਮੁੱਠ ਹੋਕੇ ਕੰਮ ਕਰੇਗਾ ਤਾਂ ਅਸੀਂ ਹਰ ਮੁਹਾਜ ਤੇ ਜਿੱਤ ਦਰਜ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਵਿਚ ਨੌਜਵਾਨਾ ਨੂੰ ਵੱਖ ਵੱਖ ਉਸਾਰੂ ਗਤੀਵਿਧੀਆਂ ਵਿਚ ਜੋੜਨ ਦਾ ਸੱਦਾ ਵੀ ਦਿੱਤਾ।


ਇਸ ਤੋਂ ਪਹਿਲਾਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਵੀ ਸੰਬੋਧਨ ਕੀਤਾ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੇ ਵੀ ਆਪਣੀ ਗੱਲ ਰਾਜਪਾਲ ਸਾਹਮਣੇ ਰੱਖੀ।