Prakash Purab Wishes: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
Prakash Purab Wishes: ਪੂਰੇ ਆਲਮ ਵਿੱਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Prakash Purab Wishes: ਪੂਰੇ ਆਲਮ ਵਿੱਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਗੁਰਦੁਆਰਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾ ਦਾ ਸੈਲਾਬ ਉਮੜਿਆ ਹੈ। ਦੇਸ਼ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦੇ ਰਹੀਆਂ ਹਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਭਾਰਤੀਆਂ ਨੂੰ, ਖਾਸ ਕਰਕੇ ਸਿੱਖ ਕੌਮ ਦੇ ਵੀਰਾਂ-ਭੈਣਾਂ ਨੂੰ ਲੱਖ-ਲੱਖ ਵਧਾਈਆਂ ਦਿੰਦੀ ਹਾਂ। ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸਖ਼ਤ ਮਿਹਨਤ ਦੇ ਆਧਾਰ 'ਤੇ ਅਧਿਆਤਮਿਕਤਾ ਦਾ ਮਾਰਗ ਦਿਖਾਇਆ ਹੈ। ਉਸ ਨੇ ਸਾਨੂੰ ਸੱਚਾਈ, ਸੰਤੋਖ, ਦਿਆਲਤਾ, ਨਿਮਰਤਾ ਅਤੇ ਪਿਆਰ 'ਤੇ ਆਧਾਰਿਤ ਸਮਾਜ ਦਾ ਨਿਰਮਾਣ ਕਰਨਾ ਸਿਖਾਇਆ ਹੈ। ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਜੀਵਨ ਵਿਚ ਸਾਂਝ ਪਾਉਣ 'ਤੇ ਜ਼ੋਰ ਦਿੱਤਾ ਹੈ ਜੋ ਸਮਾਜਿਕ ਸਦਭਾਵਨਾ ਦਾ ਮਾਰਗ ਹੈ। ਗੁਰੂ ਨਾਨਕ ਦੇਵ ਜੀ ਸਾਡੇ ਲਈ ਚਾਨਣ ਮੁਨਾਰੇ ਹਨ। ਇਹ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਈਏ ਅਤੇ ਇਕਸੁਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰੀਏ।
ਪ੍ਰਧਾਨ ਨਰਿੰਦਰ ਮੋਦੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਵੀ ਪ੍ਰੇਰਿਤ ਕਰਨ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਸੱਚ, ਰਹਿਮ ਅਤੇ ਬਰਾਬਰਤਾ ਦੀ ਅਦੁੱਤੀ ਮਿਸਾਲ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਕ ਰਹੀਆਂ ਹਨ। ਗੁਰੂ ਨਾਨਕ ਦੇਵ ਜੀ ਦਾ ਜੀਵਨ ਸ਼ਾਂਤੀ, ਮਾਨਵਤਾ ਅਤੇ ਸਦਭਾਵਨਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਰਹੇਗਾ।
ਸੁਖਬੀਰ ਸਿੰਘ ਬਾਦਲ ਨੇ ਸਿੱਖ ਜਗਤ ਨੂੰ ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ।
ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦਾ ਹੋਕਾ ਦੇ ਕੇ ਸੱਚ ਦੇ ਰਾਹ ਪਾ ਕੇ ਜੱਗ ਤਾਰਿਆ ਅਤੇ ਜ਼ਬਰ ਜ਼ੁਲਮ ਖਿਲਾਫ਼ ਕੁੱਲ ਲੋਕਾਈ ਨੂੰ ਜਾਗਰੂਕ ਕਰਕੇ ਸੇਧ ਬਖਸ਼ੀ। ਆਓ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਧਾਰਨ ਕਰੀਏ ਅਤੇ ਆਪਣਾ ਜੀਵਨ ਸਫ਼ਲਾ ਕਰੀਏ। ਗੁਰੂ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਬਖਸ਼ਿਸ਼ ਕਰਨ।
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਕੁੱਲ ਲੋਕਾਈ ਦੇ ਰਹਿਬਰ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ। ਇਸ ਧਰਤੀ ਉੱਤੇ ਜ਼ੁਲਮ ਖ਼ਿਲਾਫ਼ ਹੱਕ, ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੁੱਲ ਲੋਕਾਈ ਨੂੰ ਸੱਚ ਦਾ ਪਾਠ ਪੜ੍ਹਾਇਆ। ਆਓ ਇਸ ਸ਼ੁਭ ਦਿਹਾੜੇ 'ਤੇ ਸੱਚੀ-ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ। ਗੁਰੂ ਸਾਹਿਬ ਸਰਬੱਤ ਸੰਗਤ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਬਖਸ਼ਣ।