Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
Punjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
Punjab Vidhan Sabha Session: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਵੀ ਮਨਜ਼ੂਰੀ ਦੇ ਦਿੱਤੀ। 2012 ਦੇ ਬਣੇ ਇਸ ਐਕਟ ਵਿੱਚ ਸੋਧ ਦੀ ਲੋੜ ਸੀ ਕਿਉਂਕਿ ਇਹ ਐਕਟ ਮੌਜੂਦਾ ਸੰਦਰਭ ਵਿੱਚ ਅੱਗ ਬੁਝਾਉਣ ਨਾਲ ਸਬੰਧਤ ਕੰਮ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਯੋਗ ਨਹੀਂ ਸੀ। ਇਸ ਤਜਵੀਜ਼ਤ ਬਿੱਲ ਦੇ ਕਾਨੂੰਨ ਬਣਨ ਮਗਰੋਂ ਪੰਜਾਬ ਵਿੱਚ ਇਮਾਰਤਾਂ ਦੇ ਮਾਲਕਾਂ ਤੇ ਕਾਬਜ਼ਧਾਰਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਸਾਲਾਨਾ ਫਾਇਰ ਸੇਫ਼ਟੀ ਸਰਟੀਫਿਕੇਟ ਲੈਣ ਦੀ ਥਾਂ ਹੁਣ ਤਿੰਨ ਸਾਲਾਂ ਮਗਰੋਂ ਸਰਟੀਫਿਕੇਟ ਲੈਣਾ ਪਵੇਗਾ।
ਇਸ ਸਬੰਧੀ ਕੇਸਾਂ ਨਾਲ ਇਮਾਰਤਾਂ ਦੀ ਘੱਟ, ਦਰਮਿਆਨੇ ਤੇ ਜ਼ਿਆਦਾ ਜ਼ੋਖ਼ਿਮ ਵਾਲੀਆਂ ਸ਼ੇ੍ਰਣੀਆਂ ਮੁਤਾਬਕ ਵੰਡ ਕੀਤੀ ਜਾਵੇਗੀ। ਇਸ ਬਿੱਲ ਵਿੱਚ ਅੱਗ ਦੇ ਜ਼ੋਖ਼ਿਮ ਤੇ ਹੋਰ ਖ਼ਤਰਿਆਂ ਵਿਰੁੱਧ ਲੋਕਾਂ ਦੇ ਬੀਮੇ ਦੀ ਵੀ ਤਜਵੀਜ਼ ਹੋਵੇਗੀ। ਇਹ ਬਿੱਲ ਫਾਇਰ ਬ੍ਰਿਗੇਡ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਵੇਗਾ ਅਤੇ ਪੰਜਾਬ ਵਿੱਚ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵਧੀਆ ਤਰੀਕੇ ਨਾਲ ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਹੋਵੇਗਾ।
ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਘਟਾਇਆ
ਮੰਤਰੀ ਮੰਡਲ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਵੀ ਘਟਾ ਦਿੱਤਾ। ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਰਜਿਸਟਰਡ ਵਾਹਨਾਂ ਉਤੇ ਪਹਿਲਾਂ ਕਾਫ਼ੀ ਜ਼ਿਆਦਾ ਟੈਕਸ ਲੱਗਦਾ ਸੀ, ਜਿਸ ਕਾਰਨ ਪੰਜਾਬ ਵਿੱਚ ਟੂਰਿਸਟ ਵਾਹਨਾਂ ਦੀ ਰਜਿਸਟਰੇਸ਼ਨ ਬਹੁਤ ਘੱਟ ਹੁੰਦੀ ਸੀ ਪਰ ਹੁਣ ਇਸ ਕਦਮ ਨਾਲ ਇਸ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸੂਬੇ ਦਾ ਮਾਲੀਆ ਵਧੇਗਾ। ਕੈਬਨਿਟ ਨੇ ਲਗਜ਼ਰੀ ਵਾਹਨਾਂ ਦੀ ਇਕ ਹੋਰ ਸ਼ੇ੍ਰਣੀ ਉਤੇ ਵਾਧੂ ਰੋਡ ਟੈਕਸ ਲਾਉਣ ਦੀ ਵੀ ਸਹਿਮਤੀ ਦਿੱਤੀ, ਜਿਸ ਨਾਲ 87.03 ਕਰੋੜ ਰੁਪਏ ਦੀ ਜ਼ਿਆਦਾ ਆਮਦਨ ਹੋਵੇਗੀ। ਕੈਬਨਿਟ ਨੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਪੰਜਾਬ ਵਿੱਚ ਰਜਿਸਟਰਡ ਪੁਰਾਣੇ ਟਰਾਂਸਪੋਰਟ/ਗ਼ੈਰ ਟਰਾਂਸਪੋਰਟ ਵਾਹਨਾਂ ਉਤੇ ਗਰੀਨ ਟੈਕਸ ਲਾਉਣ ਦਾ ਵੀ ਫੈਸਲਾ ਕੀਤਾ ਹੈ।
ਜਲ ਸਰੋਤ ਵਿਭਾਗ ਦੇ ਪੁਨਰਗਠਨ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਵਿੱਚ ਸਬ ਡਿਵੀਜ਼ਨਲ ਇੰਜਨੀਅਰ ਦੀਆਂ ਤਿੰਨ ਅਸਾਮੀਆਂ ਖ਼ਤਮ ਕਰਕੇ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਸਿਰਜਣ ਦੀ ਸਹਿਮਤੀ ਵੀ ਦੇ ਦਿੱਤੀ ਹੈ, ਜੋ ਮਾਲ ਵਿਭਾਗ ਤੋਂ ਡੈਪੂਟੇਸ਼ਨ ’ਤੇ ਭਰੀਆਂ ਜਾਣਗੀਆਂ। ਇਹ ਤਹਿਸੀਲਦਾਰ ਵਿਭਾਗ ਦੀਆਂ ਵੱਖ-ਵੱਖ ਸੰਪਤੀਆਂ ਦੀ ਰਾਖੀ, ਅਦਾਲਤ ਵਿੱਚ ਜ਼ਮੀਨ ਨਾਲ ਸਬੰਧਤ ਕੇਸ ਲੜਨ, ਨਿੱਜੀ ਵਿਅਕਤੀਆਂ ਵੱਲੋਂ ਸਰਕਾਰੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣ, ਮਾਲੀਏ ਨਾਲ ਸਬੰਧਤ ਮਾਮਲੇ, ਵੱਖ-ਵੱਖ ਪ੍ਰਾਜੈਕਟਾਂ ਲਈ ਜ਼ਮੀਨ ਗ੍ਰਹਿਣ ਸਬੰਧੀ ਮਾਮਲਿਆਂ ਨੂੰ ਨਿਪਟਾਉਣਗੇ, ਜ਼ਮੀਨ ਗ੍ਰਹਿਣ ਕਰਨ ਸਬੰਧੀ ਐਵਾਰਡਾਂ ਦੇ ਐਲਾਨ ਨਾਲ ਸਬੰਧਤ ਮਾਮਲੇ ਅਤੇ ਜ਼ਮੀਨ ਗ੍ਰਹਿਣ ਤੇ ਐਵਾਰਡਾਂ ਦੇ ਐਲਾਨ ਦਰਮਿਆਨ ਵਿਵਾਦਾਂ ਦੇ ਨਿਬੇੜੇ ਆਦਿ ਨਾਲ ਸਬੰਧਤ ਮਾਮਲਿਆਂ ਨੂੰ ਦੇਖਣਗੇ।