SGPC Election: ਹਾਈ ਕੋਰਟ ਵੱਲੋਂ SGPC ਜਨਰਲ ਇਜਲਾਸ ਦੀਆਂ ਚੋਣਾਂ `ਚ ਦਖ਼ਲ ਦੇਣ ਤੋਂ ਇਨਕਾਰ
SGPC President Election: ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਹ ਚੋਣਾਂ ਸਿੱਖ ਗੁਰਦੁਆਰਾ ਐਕਟ ਦੀ ਉਲੰਘਣਾ ਕਰਕੇ ਕਰਵਾਈਆਂ ਜਾ ਰਹੀਆਂ ਹਨ।
SGPC President Election: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਹੋਣ ਜਾ ਰਹੀਆਂ SGPC ਦੇ ਜਨਰਲ ਇਜਲਾਸ ਦੀਆਂ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਜ਼ੂਰੀ ਰਾਗੀ ਬਲਦੇਵ ਸਿੰਘ ਵੱਲੋਂ ਚੋਣਾਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ।
ਦੱਸ ਦਈਏ ਕਿ ਦਾਖਲ ਪਟੀਸ਼ਨ ਰਾਹੀਂ ਚੋਣਾਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਹ ਚੋਣਾਂ ਸਿੱਖ ਗੁਰਦੁਆਰਾ ਐਕਟ ਦੀ ਉਲੰਘਣਾ ਕਰਕੇ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ 'ਚ ਉਨ੍ਹਾਂ ਨੇ 22 ਅਕਤੂਬਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਸੀ, ਪਰ ਉਸ 'ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਇਸ ਚੋਣ 'ਤੇ ਰੋਕ ਲਗਾਈ ਜਾਵੇ।
ਸੋਮਵਾਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ 2011 ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਟਕ ਰਹੀਆਂ ਹਨ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਪਹਿਲਾਂ ਹੀ ਪਟੀਸ਼ਨ ਪੈਂਡਿੰਗ ਹੈ ਅਤੇ ਲੇਟਰਲ ਰੋਲ ਤਿਆਰ ਕੀਤਾ ਜਾ ਰਿਹਾ ਹੈ, ਇਸ ਲਈ ਇਸ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।
ਹਾਈ ਕੋਰਟ ਨੇ ਕਿਹਾ ਕਿ ਜਿੱਥੋਂ ਤੱਕ ਪਟੀਸ਼ਨਕਰਤਾ ਨੇ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣ ਕਮਿਸ਼ਨ ਨੂੰ ਆਪਣੀ ਰੀਪ੍ਰੈਜੇਂਟੇਸ਼ਨ ਦਿੱਤੀ ਸੀ, ਜਿਸ ਉਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣ ਕਮਿਸ਼ਨ ਨੂੰ ਇਸ ਦੀ ਜਾਂਚ ਕਰਨ ਅਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।