Sukhbir Singh Badal: ਜਥੇਦਾਰ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਦੇ ਹੁਕਮ ਦਿੱਤੇ ਹਨ।
Trending Photos
Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਦਿੱਤੇ ਗਏ ਮੁਆਫੀਨਾਮੇ ਉੱਤੇ 5 ਸਿੰਘ ਸਾਹਿਬਾਨਾਂ ਨੇ ਵੱਡਾ ਫੈਸਲਾ ਸੁਣਾਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਜਥੇਦਾਰ ਸਾਹਿਬ ਦੇ ਆਦੇਸ਼ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।
ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਇੱਥੇ ਜ਼ਿਕਰਯੋਗ ਹੈ ਕਿ ਤਤਕਾਲੀ ਅਕਾਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਤਾਂ 15 ਦਿਨਾਂ ਦੇ ਅੰਦਰ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਸਿੰਘ ਸਹਿਬਾਨ ਵਲੋਂ ਕੀਤਾ ਗਿਆ ਹੈ ਪਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਚੱਲ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਇਆ ਹੈ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹਨ।