Punjab Goverment vs Governor: ਸੁਪਰੀਮ ਕੋਰਟ ਵੱਲੋਂ ਰਾਜਪਾਲ `ਤੇ ਸਖ਼ਤ ਟਿੱਪਣੀ, ਕਿਹਾ ਕਿ ਉਹ ਅੱਗ ਨਾਲ ਖੇਡ ਰਹੇ ਹਨ
Punjab Goverment vs Governor: ਅੱਜ ਪੰਜਾਬ ਸਰਕਾਰ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਰਾਜਪਾਲ ਉਪਰ ਸਖ਼ਤ ਟਿੱਪਣੀ ਕੀਤੀ ਹੈ।
Punjab Goverment vs Governor: ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਗ਼ੈਰਕਾਨੂੰਨੀ ਕਰਾਰ ਅਤੇ ਬਿੱਲ ਰੋਕੇ ਜਾਣ ਉਤੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ਼ ਲਿਆ ਗਿਆ ਸੀ। ਇਸ ਮਗਰੋਂ ਸਿਖਰਲੀ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਮਸਲੇ ਪੁੱਜਣ ਤੋਂ ਪਹਿਲਾਂ ਹੀ ਹੱਲ ਕਰਨ ਦੀ ਨਸੀਹਤ ਦਿੱਤੀ ਸੀ। ਅੱਜ ਇਸ ਮੁੱਦੇ ਉਪਰ ਸਿਖਰਲੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟਿਸ ਨੇ ਵੱਡੀ ਟਿੱਪਣੀ ਕਰਦੇ ਹੋਏ ਕਿਹਾ ਉਹ (ਰਾਜਪਾਲ) ਅੱਗ ਨਾਲ ਖੇਡ ਰਹੇ ਹਨ।
ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਬਿੱਲਾਂ ਨੂੰ ਰਾਜਪਾਲ ਵੱਲੋਂ ਰੋਕੇ ਜਾਣ ਉਤੇ ਨਾਰਾਜ਼ਗੀ ਜ਼ਾਹਿਰ ਕੀਤੀ। ਨਰਾਜ਼ ਅਦਾਲਤ ਨੇ ਕਿਹਾ- ਰਾਜਪਾਲ ਅੱਗ ਨਾਲ ਖੇਡ ਰਹੇ ਹਨ। ਉਹ ਕਿਵੇਂ ਕਹਿ ਸਕਦਾ ਹੈ ਕਿ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਬਿੱਲ ਗੈਰ-ਕਾਨੂੰਨੀ ਹੈ, ਕਿਉਂਕਿ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ ਹੈ! ਇਹ ਬਿੱਲ ਜਨਤਾ ਵੱਲੋਂ ਚੁਣੇ ਗਏ ਨੁਮਾਇੰਦਿਆਂ ਵੱਲੋਂ ਪਾਸ ਕੀਤੇ ਗਏ ਹਨ। ਇਹ ਬਹੁਤ ਚਿੰਤਾ ਦਾ ਵਿਸ਼ਾ ਹੈ।
ਚੀਫ ਜਸਟਿਸ ਨੇ ਕਿਹਾ ਕਿ ਕੀ ਰਾਜਪਾਲ ਨੂੰ ਥੋੜ੍ਹਾ ਜਿਹਾ ਵੀ ਅੰਦਾਜ਼ਾ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ। ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਹੋਇਆ ਹੈ, ਤਾਂ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜ ਦਿਓ। ਸਿੰਘਵੀ ਨੇ ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਕਿ ਮੌਜੂਦਾ ਰਾਜਪਾਲ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਲਗਭਗ ਅਸੰਭਵ ਹੈ।
ਚੀਫ ਜਸਟਿਸ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਨੂੰ ਪੁੱਛਿਆ ਕਿ ਭਾਵੇਂ ਕੋਈ ਸੈਸ਼ਨ ਵਿਧਾਨ ਸਭਾ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਗਿਆ ਤਾਂ ਕੀ ਹੋਵੇਗਾ? ਸਦਨ ਵੱਲੋਂ ਪਾਸ ਕੀਤਾ ਗਿਆ ਬਿੱਲ ਗੈਰ-ਕਾਨੂੰਨੀ ਕਿਵੇਂ ਹੋਵੇਗਾ? ਜੇਕਰ ਰਾਜਪਾਲ ਇਸ ਤਰ੍ਹਾਂ ਬਿੱਲ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਰਹੇ ਤਾਂ ਕੀ ਦੇਸ਼ ਸੰਸਦੀ ਲੋਕਤੰਤਰ ਦੇ ਰੂਪ 'ਚ ਬਚੇਗਾ? ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ ਪਰ ਪੰਜਾਬ ਦੇ ਹਾਲਾਤ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਅਤੇ ਉਸ ਵਿਚ ਵੱਡਾ ਮਤਭੇਦ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।
ਸੁਪਰੀਮ ਕੋਰਟ ਨੇ ਰਾਜਪਾਲ ਦੇ ਵਕੀਲ ਨੂੰ ਕਿਹਾ ਕਿ ਤੁਸੀਂ ਬਿੱਲ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੱਖ ਸਕਦੇ। ਸਿੰਘਵੀ ਨੇ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਕਿ ਰਾਜਪਾਲ ਬਿੱਲ ਰੋਕਣ ਦੇ ਬਹਾਨੇ ਬਦਲਾ ਲੈ ਰਹੇ ਹਨ। ਚੀਫ ਜਸਟਿਸ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਆਖਿਰ ਸੰਵਿਧਾਨ ਵਿੱਚ ਲਿਖਿਆ ਹੈ ਕਿ ਰਾਜਪਾਲ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰਕਾਨੂੰਨੀ ਐਲਾਨ ਸਕਦੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਮੇਰੇ ਸਾਹਮਣੇ ਰਾਜਪਾਲ ਵੱਲੋਂ ਲਿਖੀਆਂ ਗਈਆਂ ਦੋ ਚਿੱਠੀਆਂ ਹਨ, ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ ਹੀ ਗਲਤ ਹੈ।
ਇਸ ਲਈ ਉਹ ਇਸ ਬਿੱਲ ਨੂੰ ਆਪਣੀ ਮਨਜ਼ੂਰੀ ਨਹੀਂ ਦੇ ਸਕਦੇ। ਰਾਜਪਾਲ ਨੇ ਕਿਹਾ ਕਿ ਉਹ ਕਾਨੂੰਨੀ ਚਾਰਾਜੋਈ ਕਰ ਰਹੇ ਹਨ। ਕੇਂਦਰ ਸਰਕਾਰ ਨੇ ਕਿਹਾ ਕਿ ਰਾਜਪਾਲ ਦਾ ਪੱਤਰ ਅੰਤਿਮ ਫੈਸਲਾ ਨਹੀਂ ਹੋ ਸਕਦਾ। ਕੇਂਦਰ ਸਰਕਾਰ ਇਸ ਵਿਵਾਦ ਨੂੰ ਸੁਲਝਾਉਣ ਦਾ ਰਾਹ ਲੱਭ ਰਹੀ ਹੈ।
ਇਹ ਵੀ ਪੜ੍ਹੋ : Bathinda Crime: ਕੋਠੇ 'ਤੇ ਚੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ 'ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ; ਹਮਲਾਵਰ ਨੇ ਵੀ ਕੀਤੀ ਖ਼ੁਦਕੁਸ਼ੀ