Bathinda News: ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ।
Trending Photos
Bathinda News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ।
ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।